ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਮੀਟਿੰਗ; ਟ੍ਰੈਫਿਕ ਸਮੱਸਿਆਵਾਂ ਦੇ ਹੱਲ ਲਈ ਪੁਲਿਸ ਪ੍ਰਸ਼ਾਸਨ ਨੇ ਦਿੱਤਾ ਭਰੋਸਾ

ਕਪੂਰਥਲਾ, 21 ਅਪ੍ਰੈਲ,(ਲਾਡੀ,ਦੀਪ ਚੋਧਰੀ,ਉਪੀ,ਚੋਧਰੀ) ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਪੰਜਾਬ ਸਰਕਾਰ ਦੇ ਪੋਰਟਲ ‘ਤੇ ਦਰਜ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਨਿਸ਼ਚਿਤ ਸਮੇਂ ਅੰਦਰ ਹੱਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਕਾਰੋਬਾਰ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਅਤੇ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਨੂੰ ਆਪਸੀ ਤਾਲਮੇਲ ਵਧਾਉਣ 'ਤੇ ਜ਼ੋਰ ਦਿੱਤਾ ਤਾਂ ਜੋ ਜ਼ਮੀਨੀ ਪੱਧਰ 'ਤੇ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਐਸ.ਪੀ. ਹੈੱਡਕੁਆਰਟਰ ਗੁਰਪ੍ਰੀਤ ਸਿੰਘ ਗਿੱਲ ਨੇ ਵਪਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੀ ਸੁਰੱਖਿਆ ਅਤੇ ਸਹਿਯੋਗ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਕਿਹਾ ਕਿ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਯੋਜਨਾਬੰਦੀ ਉਲੀਕੀ ਜਾਵੇਗੀ, ਜਿਸ ਨਾਲ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਦੁਆਬਾ ਜ਼ੋਨ ਦੇ ਇੰਚਾਰਜ ਹਰਿੰਦਰ ਸਿੰਘ ਮਨੋਚਾ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ ਨੇ ਵਪਾਰੀਆਂ ਦੀਆਂ ਕੁਝ ਅਹਿਮ ਮੰਗਾਂ ਜਿਵੇਂ ਕਿ ਬਿਜਲੀ, ਸਟਰੀਟ ਲਾਈਟਾਂ ਅਤੇ ਪੋਰਟਲ 'ਤੇ ਤਕਨੀਕੀ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ।
ਇਸ ਮੌਕੇ ਸਮੂਹ ਐਸ.ਡੀ.ਐਮਜ਼ ਅਤੇ ਸਹਾਇਕ ਕਮਿਸ਼ਨਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Post a Comment

Previous Post Next Post